ਸ਼ਾਹਕੋਟ : ਹਰਿਆਣਾ ਦੇ ਕਰਨਾਲ ’ਚ ਭਾਜਪਾ ਦੇ ਪ੍ਰੋਗਰਾਮ ਦਾ ਵਿਰੋਧ ਕਰ ਰਹੇ ਕਿਸਾਨਾਂ ’ਤੇ ਪੁਲਿਸ ਵੱਲੋਂ ਲਾਠੀਚਾਰਜ ਕਰਨ ਦੀ ਘਟਨਾ ਦੀ ਆਮ ਆਦਮੀ ਪਾਰਟੀ ਕਿਸਾਨ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਤੇ ਹਲਕਾ ਸ਼ਾਹਕੋਟ ਦੇ ਇੰਚਾਰਜ ਰਤਨ ਸਿੰਘ ਕਾਕੜ ਕਲਾਂ ਨੇ ਸਖ਼ਤ ਸ਼ਬਦਾਂ ’ਚ ਨਿਖੇਧੀ ਕੀਤੀ ਹੈ। ਕਾਕੜ ਕਲਾਂ ਨੇ ਕਿਹਾ ਕਿ ਕਿਸਾਨ ਵਿਰੋਧ ਪ੍ਰਦਰਸ਼ਨ ਰਾਹੀਂ ਮੁੱਖ ਮੰਤਰੀ ਤੱਕ ਆਪਣੀ ਗੱਲ ਪਹੁੰਚਾਉਣਾ ਚਾਹੁੰਦੇ ਸੀ ਪਰ ਪ੍ਰਦਰਸ਼ਨ ਕਰਦਿਆਂ ਕਿਸਾਨਾਂ ਨਾਲ ਅਜਿਹਾ ਦੁਰਵਿਵਹਾਰ ਕਰਨਾ ਅਤਿ ਨਿੰਦਣਯੋਗ ਹੈ। ਇਹ ਖੱਟਰ ਸਰਕਾਰ ਦੀ ਬੁਖਲਾਹਟ ਦੀ ਨਿਸ਼ਾਨੀ ਹੈ। ਡਾਂਗ ਦੇ ਜੋਰ ‘ਤੇ ਕਦੇ ਲੋਕਾਂ ਦੀ ਆਵਾਜ਼ ਨੂੰ ਦਬਾਇਆ ਨਹੀਂ ਜਾ ਸਕਦਾ।
ਕਾਕੜ ਕਲਾਂ ਨੇ ਕਿਹਾ ਕਿ ਹਰਿਆਣਾ ਦੇ ਮੁੱਖ ਮੰਤਰੀ ਜਾਣ ਬੁੱਝ ਕੇ ਲੋਕਾਂ ਨੂੰ ਉਕਸਾਉਣ ਦੀ ਕੋਸ਼ਿਸ਼ ਕਰ ਰਹੇ ਹਨ ਜਦੋਂਕਿ ਉਨ੍ਹਾਂ ਨੂੰ ਪਤਾ ਹੈ ਕਿ ਕਿਸਾਨ ਅੰਦੋਲਨ ਕਰ ਰਹੇ ਹਨ ਪਰ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਾ ਕੀਤੇ ਜਾਣ ਕਾਰਨ ਉਹ ਭਾਜਪਾ ਤੋਂ ਨਾਰਾਜ਼ ਹਨ। ਉਨ੍ਹਾਂ ਕਿਹਾ ਕਿ ਪੂਰੇ ਦੇਸ਼ ਵਿਚ ਭਾਜਪਾ ਆਪਣੀ ਸਿਆਸੀ ਜ਼ਮੀਨ ਦੇ ਨਾਲ-ਨਾਲ ਆਪਣਾ ਜ਼ਮੀਰ ਵੀ ਗੁਆ ਚੁੱਕੀ ਹੈ। ਤਿੰਨ ਕਾਲੇ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ’ਤੇ ਬੇਰਹਿਮੀ ਨਾਲ ਕੀਤੇ ਗਏ ਲਾਠੀਚਾਰਜ ਦੀ ਆਮ ਆਦਮੀ ਪਾਰਟੀ ਸਖਤ ਸ਼ਬਦਾਂ ਵਿਚ ਨਿਖੇਧੀ ਕਰਦੀ ਹੈ।