ਸ਼ਾਹਕੋਟ, (ਮਿਹਰਜੋਤ ਸਿੰਘ) : ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਸਾਥ ਦੇਣਾ ਚਾਹੀਦਾ ਹੈ ਤੇ ਪੰਜਾਬ ਦੇ ਉੱਜਵਲ ਭਵਿੱਖ ਲਈ ਇਕੱਠੇ ਕੰਮ ਕਰਨਾ ਚਾਹੀਦਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਨਗਰ ਪੰਚਾਇਤ ਸ਼ਾਹਕੋਟ ਦੇ ਪ੍ਰਧਾਨ ਸਤੀਸ਼ ਰਿਹਾਨ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ।
ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਦੋ ਵਾਰ ਮੁੱਖ ਮੰਤਰੀ ਬਣਾ ਕੇ ਬਹੁਤ ਮਾਣ ਬਖਸ਼ਿਆ ਹੈ। ਹੁਣ ਜੇ ਹਾਈਕਮਾਨ ਨੇ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਾਇਆ ਹੈ ਤਾਂ ਕੈਪਟਨ ਨੂੰ ਨਾਰਾਜ਼ ਨਾ ਹੋ ਕੇ ਉਨ੍ਹਾਂ ਦਾ ਸਾਥ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਕੈਪਟਨ ਨੂੰ 2017 ਦੀਆਂ ਚੋਣਾਂ ਦਾ ਵਾਅਦਾ ਯਾਦ ਕਰਨਾ ਚਾਹੀਦਾ ਹੈ ਜਿਸ ‘ਚ ਉਨ੍ਹਾਂ ਇਸ ਨੂੰ ਆਪਣੀ ਆਖਰੀ ਚੋਣ ਦੱਸਿਆ ਸੀ। ਹੁਣ ਉਨ੍ਹਾਂ ਨੂੰ ਨਵੇਂ ਆਗੂ ਦੇ ਨਾਲ ਚੱਲ ਕੇ ਪੰਜਾਬ ਤੇ ਕਾਂਗਰਸ ਪਾਰਟੀ ਦੀ ਬਿਹਤਰੀ ਲਈ ਕੰਮ ਕਰਨਾ ਚਾਹੀਦਾ ਹੈ। ਰਿਹਾਨ ਨੇ ਕਿਹਾ ਕਿ ਚਰਨਜੀਤ ਸਿੰਘ ਚੰਨੀ ਜਮੀਨ ਨਾਲ ਜੁੜੇ ਹੋਏ ਤੇ ਪੜ੍ਹੇ ਲਿਖੇ ਆਗੂ ਹਨ। ਉਨ੍ਹਾਂ ਦੀ ਅਗਵਾਈ ‘ਚ ਰਹਿੰਦੇ ਵਾਅਦਿਆਂ ਨੂੰ ਪੂਰਾ ਕੀਤਾ ਜਾਵੇਗਾ ਤੇ 2022 ‘ਚ ਮੁੜ ਕਾਂਗਰਸ ਪਾਰਟੀ ਦੀ ਸਰਕਾਰ ਬਣਾਈ ਜਾਵੇਗੀ।
ਈ-ਪੇਪਰ ਦੇਖਣ ਲਈ ਕਲਿੱਕ ਕਰੋ : https://bit.ly/2WcMPCZ