ਪ੍ਰਿਅੰਕਾ ਗਾਂਧੀ ਵਾਡਰਾ ਦੀ ਗ੍ਰਿਫਤਾਰੀ ਨੂੰ ਦੱਸਿਆ ਗੈਰ ਕਾਨੂੰਨੀ
ਸ਼ਾਹਕੋਟ, (ਮਿਹਰਜੋਤ ਸਿੰਘ) : ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ 'ਚ ਕੇਂਦਰੀ ਮੰਤਰੀ ਦਾ ਵਿਰੋਧ ਕਰ ਰਹੇ ਕਿਸਾਨਾਂ ‘ਤੇ ਗੱਡੀ ਚੜ੍ਹਾ ਕੇ ਉਨ੍ਹਾਂ ਨੂੰ ਸ਼ਹੀਦ ਕਰਨ ਦੀ ਕਾਰਵਾਈ ਦੀ ਨਿੰਦਾ ਕਰਦਿਆਂ ਯੂਥ ਕਾਂਗਰਸ ਨੇ ਭਾਰਤੀ ਜਨਤਾ ਪਾਰਟੀ ਖਿਲਾਫ ਰੋਸ ਪ੍ਰਦਰਸ਼ਨ ਕੀਤਾ। ਇਸ ਦੇ ਨਾਲ ਹੀ ਕਾਂਗਰਸੀ ਵਰਕਰਾਂ ਨੇ ਕੇਂਦਰੀ ਮੰਤਰੀ ਦੇ ਬੇਟੇ ਖਿਲਾਫ ਕਾਰਵਾਈ ਕਰਨ ਦੀ ਮੰਗ ਕੀਤੀ ਹੈ।
ਗੱਲਬਾਤ ਕਰਦਿਆਂ ਸੀਨੀਅਰ ਕਾਂਗਰਸੀ ਆਗੂ ਅਸ਼ਵਨ ਭੱਲਾ, ਯੂਥ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਹਨੀ ਜੋਸ਼ੀ, ਹਲਕਾ ਸ਼ਾਹਕੋਟ ਦੇ ਪ੍ਰਧਾਨ ਖੁਸ਼ਦੀਪ ਸਿੰਘ ਧੰਜੂ ਨੇ ਕਿਹਾ ਕਿ ਸੋਚੀ ਸਮਝੀ ਸਾਜਿਸ਼ ਤਹਿਤ ਵਿਰੋਧ ਕਰ ਰਹੇ ਕਿਸਾਨਾਂ ‘ਤੇ ਗੱਡੀ ਚੜ੍ਹਾਈ ਗਈ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਜੋ ਕਿ ਲਖੀਮਪੁਰ ਵਿਚ ਪੀੜਤ ਪਰਿਵਾਰਾਂ ਨੂੰ ਮਿਲਣ ਲਈ ਜਾ ਰਹੇ ਸਨ, ਨੂੰ ਯੂਪੀ ਪੁਲਿਸ ਨੇ ਗ੍ਰਿਫਤਾਰ ਕੀਤਾ ਹੈ ਜੋ ਕਿ ਗ਼ੈਰ ਕਾਨੂੰਨੀ ਹੈ। ਇਸਦੇ ਨਾਲ ਹੀ ਉਨ੍ਹਾਂ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੇ ਗ਼ੈਰ-ਸੰਵਿਧਾਨਕ ਅਤੇ ਭੜਕਾਉ ਬਿਆਨ ਦੀ ਵੀ ਸਖਤ ਸ਼ਬਦਾਂ ਵਿਚ ਨਿੰਦਾ ਕੀਤੀ। ਉਨ੍ਹਾਂ ਮੰਗ ਕੀਤੀ ਕਿ ਜਲਦ ਤੋਂ ਜਲਦ ਕਿਸਾਨਾਂ ਨੂੰ ਸ਼ਹੀਦ ਕਰਨ ਵਾਲੇ ਕੇਂਦਰੀ ਮੰਤਰੀ ਦੇ ਬੇਟੇ ਤੇ ਹੋਰ ਮੁਲਜ਼ਮਾਂ ਖਿਲਾਫ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇ ਤੇ ਪ੍ਰਿਅੰਕਾ ਗਾਂਧੀ ਵਾਡਰਾ ਨੂੰ ਰਿਹਾਅ ਕੀਤਾ ਜਾਵੇ। ਇਸ ਮੌਕੇ ਸਾਹਿਲ ਅਗਨੀਹੋਤਰੀ, ਜਸਕਰਨ ਸੰਧੂ, ਜੱਸ ਝੀਤਾ, ਰਵਿੰਦਰ ਸਿੰਘ, ਸੋਨੀ ਗੁਰਾਇਆ, ਜੱਸ ਜੰਡੂਸਿੰਘਾ ਆਦਿ ਹਾਜ਼ਰ ਸਨ।