AD

Type Here to Get Search Results !

ਸ਼੍ਰੋਮਣੀ ਅਕਾਲੀ ਦਲ ਨੇ ਸ਼ਹੀਦ ਕਿਸਾਨਾਂ ਦੀ ਆਤਮਿਕ ਸ਼ਾਂਤੀ ਲਈ ਕੀਤੀ ਅਰਦਾਸ

ਸ਼ਾਹਕੋਟ, (ਮਿਹਰਜੋਤ ਸਿੰਘ) : ਯੂਪੀ ਦੇ ਲਖੀਮਪੁਰ ’ਚ ਸ਼ਹੀਦ ਹੋਏ ਕਿਸਾਨਾਂ ਦੀ ਆਤਮਿਕ ਸ਼ਾਂਤੀ ਲਈ ਸ਼੍ਰੋਮਣੀ ਅਕਾਲੀ ਦਲ ਹਲਕਾ ਸ਼ਾਹਕੋਟ ਨੇ ਹਲਕਾ ਇੰਚਾਰਜ ਬਚਿੱਤਰ ਸਿੰਘ ਕੋਹਾੜ ਦੀ ਅਗਵਾਈ ਹੇਠ ਗੁਰਦੁਆਰਾ ਬਾਬਾ ਸੁਖਚੈਨ ਦਾਸ ਪਿੰਡ ਬਾਜਵਾ ਕਲਾਂ ਵਿਖੇ ਅਰਦਾਸ ਸਮਾਗਮ ਕਰਵਾਇਆ ਜਿਸ ਵਿਚ ਵੱਡੀ ਗਿਣਤੀ ’ਚ ਅਕਾਲੀ ਆਗੂਆਂ ਤੇ ਵਰਕਰਾਂ ਨੇ ਸ਼ਿਰਕਤ ਕੀਤੀ।

ਸਮਾਗਮ ਨੂੰ ਸੰਬੋਧਨ ਕਰਦਿਆਂ ਬਚਿੱਤਰ ਸਿੰਘ ਕੋਹਾੜ ਨੇ ਕਿਹਾ ਕਿ ਲਖੀਮਪੁਰ ਖੀਰੀ ’ਚ ਸ਼ਾਂਤਮਈ ਪ੍ਰਦਰਸ਼ਨ ਕਰ ਰਹੇ ਕਿਸਾਨਾਂ ‘ਤੇ ਭਾਜਪਾ ਨੇਤਾ ਨੇ ਗੱਡੀ ਚੜ੍ਹਾ ਕੇ 4 ਕਿਸਾਨਾਂ ਨੂੰ ਸ਼ਹੀਦ ਕਰ ਦਿੱਤਾ। ਉਨ੍ਹਾਂ ਕਿਹਾ ਕਿ ਕਿਸਾਨ ਸੜਕ ਦੇ ਕੰਢੇ ਸ਼ਾਂਤਮਈ ਢੰਗ ਨਾਲ ਕੇਂਦਰੀ ਮੰਤਰੀ ਅਜੈ ਮਿਸ਼ਰਾ ਦੇ ਕਾਫ਼ਲੇ ਨੂੰ ਕਾਲੇ ਝੰਡੇ ਦਿਖਾ ਰਹੇ ਸਨ ਤੇ ਕਿਸਾਨਾਂ ਦਾ ਇਹ ਸਿਰਫ ਸੰਕੇਤਕ ਵਿਰੋਧ ਸੀ ਪਰ ਮੰਤਰੀ ਦੇ ਪੁੱਤਰ ਦੇ ਕਾਫ਼ਲੇ ਨੇ ਕਿਸਾਨਾਂ ‘ਤੇ ਗੱਡੀ ਚੜ੍ਹਾ ਦਿੱਤੀ ਜਿਸ ਕਾਰਨ 4 ਕਿਸਾਨਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ। ਉਨ੍ਹਾਂ ਕਿਹਾ ਕਿ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਅਦਿੱਤਿਆ ਨਾਥ ਨੂੰ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਕੇ ਰਾਜ ਧਰਮ ਦਾ ਪਾਲਣ ਕਰਨਾ ਚਾਹੀਦਾ ਹੈ। ਇਸ ਮੌਕੇ ਹੈੱਡ ਗ੍ਰੰਥੀ ਭਾਈ ਮਲਕੀਤ ਸਿੰਘ ਵੱਲੋਂ ਲਖੀਮਪੁਰ ’ਚ ਸ਼ਹੀਦ ਹੋਏ ਕਿਸਾਨਾਂ ਦੀ ਆਤਮਿਕ ਸ਼ਾਂਤੀ ਲਈ ਅਰਦਾਸ ਕੀਤੀ ਗਈ।

ਇਸ ਮੌਕੇ ਸਾਬਕਾ ਚੇਅਰਮੈਨ ਮਾਰਕੀਟ ਕਮੇਟੀ ਜਥੇ. ਚਰਨ ਸਿੰਘ ਸਿੰਧੜ, ਸ਼੍ਰੋਮਣੀ ਕਮੇਟੀ ਮੈਂਬਰ ਜਥੇ. ਬਲਦੇਵ ਸਿੰਘ ਕਲਿਆਣ, ਸਾਬਕਾ ਐੱਮਡੀ ਕੇਵਲ ਸਿੰਘ ਰੂਪੇਵਾਲੀ, ਸਾਬਕਾ ਚੇਅਰਮੈਨ ਬਲਾਕ ਸੰਮਤੀ ਤੇਜਾ ਸਿੰਘ ਮਾਣਕਪੁਰ, ਸ਼ਹਿਰੀ ਪ੍ਰਧਾਨ ਰਣਧੀਰ ਸਿੰਘ ਰਾਣਾ, ਸਰਕਲ ਪ੍ਰਧਾਨ ਜਥੇ. ਦਲਜੀਤ ਸਿੰਘ ਕਾਹਲੋਂ, ਸੀਨੀਅਰ ਅਕਾਲੀ ਆਗੂ ਬਲਵਿੰਦਰ ਸਿੰਘ ਕੰਗ ਬਿੱਲੀ ਚੁਹਾਰਮੀ, ਸੁਖਦੀਪ ਸਿੰਘ ਬੱਗਾ, ਅਮਨਪ੍ਰੀਤ ਸਿੰਘ ਸੋਨੂੰ, ਜੀਵਨ ਸਿੰਘ ਸਾਰੰਗਵਾਲ ਸਮੇਤ ਵੱਡੀ ਗਿਣਤੀ ‘ਚ ਅਕਾਲੀ ਵਰਕਰ ਹਾਜ਼ਰ ਸਨ।

Tags

Post a Comment

0 Comments
* Please Don't Spam Here. All the Comments are Reviewed by Admin.

Top Post Ad

Below Post Ad

Advt