AD

Type Here to Get Search Results !

ਪਰਾਲੀ ਨੂੰ ਅੱਗ ਨਾ ਲਗਾਕੇ ਕਿਸਾਨ ਕੁਦਰਤੀ ਸਾਧਨਾਂ ਨੂੰ ਬਚਾਉਣ ਲਈ ਅੱਗੇ ਆਉਣ : ਡਿਪਟੀ ਕਮਿਸ਼ਨਰ

ਰੁੜਕਾ ਕਲਾਂ ਵਿਖੇ ਕਿਸਾਨ ਜਾਗਰੂਕਤਾ ਕੈਂਪ ਦੌਰਾਨ ਕਿਸਾਨਾਂ ਨਾਲ ਕੀਤਾ ਸਿੱਧਾ ਰਾਬਤਾ

ਰੁੜਕਾ ਕਲਾਂ ਵਿਖੇ ਕਿਸਾਨਾਂ ਨੂੰ ਸੰਬੋਧਨ ਕਰਦੇ ਹੋਏ ਐੱਸਡੀਐੱਮ ਫਿਲੌਰ ਅਮਨਪਾਲ ਸਿੰਘ। ਨਾਲ ਬੈਠੇ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ, ਏਡੀਸੀ ਜਸਬੀਰ ਸਿੰਘ ਤੇ ਹੋਰ।

ਰੁੜਕਾ ਕਲਾਂ, (ਪੰਜਾਬ ਸੇਵਕ ਨਿਊਜ਼) : ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਕਿਸਾਨਾਂ ਨੂੰ ਸੱਦਾ ਦਿੱਤਾ ਕਿ ਕੁਦਰਤੀ ਸੋਮਿਆਂ ਨੂੰ ਬਚਾਉਣ ਲਈ ਪਰਾਲੀ ਨੂੰ ਅੱਗ ਲਗਾਉਣ ਦੇ ਰੁਝਾਣ ਤੋਂ ਬਚਿਆ ਜਾਵੇ ਕਿਉਂਕਿ ਇਸ ਨਾਲ ਵਾਤਾਵਰਣ ਜ਼ਹਿਰੀਲਆਂ ਗੈਸਾਂ ਨਾਲ ਦੂਸ਼ਤ ਹੋ ਰਿਹਾ ਹੈ । ਰੁੜਕਾ ਕਲਾਂ (ਜਲੰਧਰ) ਵਿਖੇ ਜਾਗਰੂਕਤਾ ਕੈਂਪ ਦੌਰਾਨ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਦੇ ਕਿਸਾਨਾਂ ਨੇ ਦੇਸ਼ ਨੂੰ ਅਨਾਜ ਦੇ ਖੇਤਰ ਵਿੱਚ ਆਤਮ ਨਿਰਭਰ ਬਣਾਉਣ ਲਈ ਹਮੇਸ਼ਾਂ ਹੀ ਵੱਡੇ ਪੱਧਰ ’ਤੇ ਫ਼ਸਲਾਂ ਦਾ ਵੱਡਾ ਉਤਪਾਦਨ ਕੀਤਾ ਹੈ ਅਤੇ ਵਾਤਾਵਰਣ ਦੀ ਸਾਂਭ ਸੰਭਾਲ ਦੇ ਖੇਤਰ ਵਿੱਚ ਵੀ ਕਿਸਾਨ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਕੇ ਅੱਗੇ ਆਉਣਗੇ।

ਕਿਸਾਨਾਂ ਨੂੰ ਭਾਵਨਾਤਮਕ ਅਪੀਲ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਉਹ ਵੀ ਉਨਾਂ ਦੀ ਤਰ੍ਹਾਂ ਹੀ ਹਨ ਅਤੇ ਜ਼ਮੀਨੀ ਹਕੀਕਤ ਨੂੰ ਜਾਣਦੇ ਹਨ। ਉਨ੍ਹਾਂ ਕਿਹਾ ਕਿ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੇ ਰੁਝਾਣ ਨੂੰ ਸਾਂਝੇ ਤੇ ਸਾਰਥਕ ਯਤਨਾਂ ਨਾਲ ਰੋਕਿਆ ਜਾ ਸਕਦਾ ਹੈ।  ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਪਰਾਲੀ ਦੇ ਸੁਚੱਜੇ ਨਿਪਟਾਰੇ ਲਈ ਇਨ-ਸਿਟੂ ਅਤੇ ਐਕਸ-ਸਿਟੂ ਪ੍ਰਬੰਧਨ ਨੂੰ ਅਪਣਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣਾ ਕੋਈ ਹੱਲ ਨਹੀਂ ਹੈ ਅਤੇ ਜੇਕਰ ਅਸੀਂ ਆਪਣੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਸਾਫ਼-ਸੁਥਰਾ ਤੇ ਹਰਿਆ ਭਰਿਆ ਵਾਤਾਵਰਣ ਦੇਣਾ ਚਾਹੁੰਦੇ ਹਾਂ ਤਾਂ ਸਾਨੂੰ ਇਸ ਰੁਝਾਣ ਨੂੰ ਛੱਡਣਾ ਹੋਵੇਗਾ।

ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਸੱਦਾ ਦਿੱਤਾ ਕਿ ਉਹ ਇਸ ਭੈੜੇ ਰੁਝਾਣ ਖਿਲਾਫ਼ ਲੜਾਈ ਵਿੱਚ ਸ਼ਾਮਿਲ ਹੋਣ ਅਤੇ ਕੁਦਰਤੀ ਸਾਧਨਾਂ ਨੂੰ ਬਚਾਉਣ ਲਈ ਸਰਗਰਮ ਯੋਗਦਾਨ ਪਾਉਣ। ਉਨ੍ਹਾਂ ਅਗਾਂਹਵਧੂ ਕਿਸਾਨਾਂ ਦੀ ਵੀ ਭਰਪੂਰ ਸ਼ਲਾਘਾ ਕੀਤੀ ਜਿਨ੍ਹਾਂ ਵਲੋਂ ਖੇਤੀ ਦੀਆਂ ਅਤਿ ਆਧੁਨਿਕ ਤਕਨੀਕਾਂ ਦੀ ਵਰਤੋਂ ਕਰਕੇ ਵਾਤਾਵਰਣ ਅਤੇ ਪਾਣੀ ਨੂੰ ਬਚਾਉਣ ਲਈ ਯੋਗਦਾਨ ਪਾਇਆ ਜਾ ਰਿਹਾ। ਉਨ੍ਹਾਂ ਕਿਸਾਨ ਭਾਈਚਾਰੇ ਨੂੰ ਅਪੀਲ ਕੀਤੀ ਕਿ ਇਨ੍ਹਾਂ ਤਕਨੀਕਾਂ ਨੂੰ ਅਪਣਾਉਣ ਲਈ ਅੱਗੇ ਆਉਣ। ਉਨ੍ਹਾਂ ਨੇ ਕਿਸਾਨਾਂ ਨੂੰ ਇਸ ਨੇਕ ਕਾਰਜ ਵਿੱਚ ਪੂਰਨ ਸਹਿਯੋਗ ਦੇਣ ਦਾ ਵੀ ਭਰੋਸਾ ਦੁਆਇਆ।

ਇਥੇ ਇਹ ਜ਼ਿਕਰਯੋਗ ਹੈ ਕਿ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ’ਤੇ ਨਿਗਰਾਨੀ ਲਈ ਫਿਲੌਰ, ਨਕੋਦਰ ਅਤੇ ਸ਼ਾਹਕੋਟ ਵਿਖੇ ਐਸ.ਡੀ.ਐਮਜ਼ ਤੋਂ ਇਲਾਵਾ ਤਿੰਨ ਵਧੀਕ ਡਿਪਟੀ ਕਮਿਸ਼ਨਰਾਂ ਅਤੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਅਧਿਕਾਰੀਆਂ ਨੂੰ ਨੋਡਲ ਅਫ਼ਸਰ ਨਿਯੁਕਤ ਕੀਤਾ ਗਿਆ ਹੈ।

ਇਸ ਉਪਰੰਤ ਡਿਪਟੀ ਕਮਿਸ਼ਨਰ ਵਲੋਂ ਕਿਸਾਨਾਂ ਦੁਆਰਾ ਅਪਣਾਏ ਜਾ ਰਹੇ ਐਕਸ-ਸਿਟੂ ਪ੍ਰਬੰਧਨ ਨੂੰ ਖੇਤਾਂ ਵਿੱਚ ਜਾ ਕੇ ਦੇਖਿਆ ਗਿਆ ਅਤੇ ਉਨ੍ਹਾਂ ਦੀ ਪ੍ਰਸ਼ੰਸ਼ਾ ਕੀਤੀ ਗਈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਜਸਬੀਰ ਸਿੰਘ, ਉਪ ਮੰਡਲ ਮੈਜਿਸਟਰੇਟ ਅਮਨਪਾਲ ਸਿੰਘ ਅਤੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਤੋਂ ਮਾਹਿਰ ਵੀ ਹਾਜ਼ਰ ਸਨ। 

Post a Comment

0 Comments
* Please Don't Spam Here. All the Comments are Reviewed by Admin.

Top Post Ad

Below Post Ad

Advt